'ਮੈਂ ਵੀਡੀਓ ਨੂੰ ਸਿਰੇ ਤੋਂ ਨਕਾਰਦਾ ਹਾਂ, ਇਹ ਕੋਝੀਆਂ ਹਰਕਤਾਂ ਹਨ', 'ਗੁਰੂ ਦੋਖੀ' ਕਰਾਰ ਦਿੱਤੇ ਜਾਣ ਬਾਅਦ ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 7 ਮਿੰਟ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਮਵਾਰ ਨੂੰ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਕਰਾਰ ਦਿੱਤਾ ਸੀ।

ਇਹ ਫ਼ੈਸਲਾ ਉਸ ਵਿਵਾਦਿਤ ਵੀਡੀਓ ਮਾਮਲੇ ਨੂੰ ਲੈ ਕੇ ਲਿਆ ਗਿਆ, ਜਿਸ ਨੂੰ ਮੁੱਖ ਮੰਤਰੀ ਨੇ ਪਹਿਲਾਂ ਏਆਈ (ਆਰਟੀਫੀਸ਼ੀਅਲ ਇਟੈਲੀਜੈਂਸ) ਨਾਲ ਬਣੀ ਅਤੇ ਨਕਲੀ ਦੱਸਿਆ ਸੀ।

ਮੰਗਲਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਸਲੇ ਉੱਤੇ ਆਪਣਾ ਪੱਖ ਪੇਸ਼ ਕੀਤਾ ਹੈ, ਅਤੇ ਉਨ੍ਹਾਂ ਨੇ ਉਕਤ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਿਆ ਹੈ।

ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਏ ਤਾਂ ਕਹਿ ਕੇ ਆਏ ਸੀ ਕਿ ਇਸ ਵਾਇਰਲ ਵੀਡੀਓ ਵਿੱਚ ਉਹ ਹੈ ਹੀ ਨਹੀਂ।

ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਦਾ ਇਸ ਵੀਡੀਓ ਵਾਲੇ ਸ਼ਖਸ ਨਾਲ ਕੱਦ ਕਾਠ ਮਿਲਦਾ ਹੈ ਅਤੇ ਨਾ ਹੀ ਸਰੀਰਕ ਬਣਤਰ ਮਿਲਦੀ ਹੈ।

ਉਨ੍ਹਾਂ ਕਿਹਾ, "ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ 'ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ਹਿ 'ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ। ਇਸ ਤਰ੍ਹਾਂ ਦਾ ਕੂੜ ਪ੍ਰਚਾਰ ਮੈਨੂੰ ਬਦਨਾਮ ਕਰਨ ਲਈ ਕਰ ਰਹੇ ਹਨ। ਕਿਉਂਕਿ ਮੈਂ ਪੰਜਾਬ ਵਿਚ ਪਾਣੀ ਦੀ ਰਾਖੀ ਲਈ, ਗੁਰੂ ਦੀ ਬਾਣੀ ਦੀ ਰਾਖੀ ਲਈ, ਕਿਸਾਨੀ ਦੀ ਰਾਖੀ ਲਈ , ਪੰਜਾਬ ਦੀ ਜਵਾਨੀ ਦੀ ਰਾਖੀ ਲਈ ਫ਼ੈਸਲੇ ਲੈ ਰਿਹਾ ਹਾਂ, ਜਿਹੜੇ ਕਿ ਫ਼ੈਸਲੇ ਉਨ੍ਹਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ।"

ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ ਅਤੇ ਧਰਮ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ, "ਮੈਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਪਰ ਜਿਹੜੀਆਂ ਉੱਥੇ ਸਿਆਸੀ ਨਿਯੁਕਤੀਆਂ ਹੋਈਆਂ ਹਨ ਉਹ ਕਿਸ ਤਰ੍ਹਾਂ ਦੇ ਫ਼ੈਸਲੇ ਕਰਦੇ ਹਨ, ਇਹ ਸਿੱਖ ਸੰਗਤ ਭਲੀ ਭਾਂਤੀ ਜਾਣਦੀ ਹੈ।"

ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਕਾਨੂੰਨ ਦੇ ਸਬੰਧ ਵਿਚ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਦੇ ਪ੍ਰਬੰਧਕ ਪਹਿਲਾਂ ਬੇਅਦਬੀ ਕਾਨੂੰਨਾਂ ਦੀ ਮੰਗ ਕਰਦੇ ਰਹੇ ਪਰ ਜਦੋਂ ਸਰਕਾਰ ਨੇ ਕਾਨੂੰਨ ਬਣਾ ਦਿੱਤੇ ਤਾਂ ਕਹਿ ਰਹੇ ਹਨ ਕਿ ਉਨ੍ਹਾਂ ਤੋਂ ਬਿਨਾਂ ਪੁੱਛੇ ਕਾਨੂੰਨ ਕਿਉਂ ਬਣਾਏ?

ਮੁੱਖ ਮੰਤਰੀ ਨੇ ਕਿਹਾ, "ਮੈਂ ਨਾਨਕ ਲੇਵਾ ਸੰਗਤ ਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਦੀ ਕੋਝੀਆਂ ਹਰਕਤਾਂ ਵਿੱਚ ਨਾ ਆਉਣ ਅਤੇ ਬਾਕੀ ਆਖ਼ਰੀ ਫ਼ੈਸਲਾ ਸੰਗਤ ਕਰੇਗੀ। ਕਿਉਂਕਿ ਮੈਂ ਆਪਣੇ ਵੱਲੋਂ ਪੰਜਾਬ ਦੇ ਪ੍ਰਤੀ, ਪੰਜਾਬ ਦੇ ਹੱਕ ਵਿੱਚ , ਪੰਜਾਬ ਦੇ ਪੱਖ ਵਿੱਚ ਫ਼ੈਸਲੇ ਲੈਂਦਾ ਰਹਾਂਗਾ ਜਿਨ੍ਹਾਂ ਚਿਰ ਤੁਸੀਂ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ।"

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਲੈਬਾਂ ਤੋਂ ਕਰਵਾਈ ਗਈ ਜਾਂਚ ਵਿੱਚ ਵੀਡੀਓ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਜਾਂ ਏਆਈ ਦੀ ਵਰਤੋਂ ਦੇ ਸਬੂਤ ਨਹੀਂ ਮਿਲੇ।

ਉਹਨਾਂ ਕਿਹਾ ਸੀ ਕਿ ਮਾਮਲੇ 'ਤੇ ਪੰਥਕ ਜਥੇਬੰਦੀਆਂ, ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਇਹ ਫ਼ੈਸਲਾ ਸੁਣਾਇਆ।

ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬਿਆਨ ਵਿੱਚ ਦਾਅਵਾ ਕੀਤਾ ਗਿਆ ਕਿ ਵੀਡੀਓ ਵਿੱਚ ਮੁੱਖ ਮੰਤਰੀ ਸਿੱਖ ਧਾਰਮਿਕ ਪ੍ਰਤੀਕਾਂ ਅਤੇ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਕਰਦੇ ਨਜ਼ਰ ਆਉਂਦੇ ਹਨ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ, "ਇਹ ਮਾਮਲਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਦੀ ਗਈ, ਪੰਥਕ ਜਥੇਬੰਦੀਆਂ, ਉਹ ਭਾਵੇਂ ਧਾਰਮਿਕ ਹਨ ਅਤੇ ਭਾਵੇਂ ਰਾਜਨੀਤਕ ਨੇ, ਸੰਪਰਦਾਵਾਂ, ਦਲ ਪੰਥ, ਵਿਦਵਾਨਾਂ ਤੇ ਕਾਨੂੰਨੀ ਮਾਹਰਾਂ ਦੀ ਇਕੱਤਰਤਾ ਵਿੱਚ ਵਿਚਾਰਿਆ ਗਿਆ, ਜਿੱਥੇ ਸਮੂਹ ਪੰਥਕ ਸ਼ਖਸੀਅਤਾਂ ਵੱਲੋਂ ਇਹ ਵਿਚਾਰ ਦਿੱਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਐਲਾਨਿਆ ਜਾਵੇ।"

"ਇੱਕ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਸਤਿਕਾਰਕ ਹੁੰਦਾ ਹੈ। ਜਿਸਨੇ ਸੂਬੇ ਦੇ ਹਰ ਨਾਗਰਿਕ ਦੀ ਨੁਮਾਇੰਦਗੀ ਕਰਨੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੇ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਕੇ ਝੂਠ ਬੋਲਿਆ ਹੈ। ਇਸ ਤੋਂ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਇਹ ਮੁੱਖ ਮੰਤਰੀ ਵਜੋਂ ਗੁਰੂ ਅਤੇ ਕੋਈ ਸਿੱਖ ਹਿਤੈਸ਼ੀ ਫ਼ੈਸਲੇ ਲਵੇਗਾ।"

ਉਨ੍ਹਾਂ ਨੇ ਅੱਗੇ ਕਿਹਾ, "ਸਿੱਖ ਸੰਗਤਾਂ ਦੀ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੰਦੀ ਹੈ। ਗੁਰੂ ਖਾਲਸਾ ਪੰਥ ਇਸ ਨੂੰ ਕਦੀ ਵੀ ਮੂੰਹ ਨਾ ਲਗਾਵੇ।"

ਇਸ ਦੇ ਨਾਲ ਹੀ ਕਾਰਜਕਾਰੀ ਜਥੇਦਾਰ ਵੱਲੋਂ ਬੇਅਦਬੀ ਬਾਰੇ ਸੋਧ ਐਕਟ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਤਲਬ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ ਵੀਡੀਓ ਬਾਰੇ ਕੀ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੀ ਗਈ ਫੋਰੈਂਸਿਕ ਜਾਂਚ ਰਿਪੋਰਟ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪਨੂੰ ਕਿਹਾ ਕਿ ਰਿਪੋਰਟ ਸਿਰਫ਼ ਇਹ ਦੱਸਦੀ ਹੈ ਕਿ ਸੰਬੰਧਤ ਵੀਡੀਓ ਅਸਲੀ ਹੈ ਅਤੇ ਉਸ ਵਿੱਚ ਏਆਈ ਜਾਂ ਕਿਸੇ ਤਰ੍ਹਾਂ ਦੀ ਡਿਜੀਟਲ ਛੇੜਛਾੜ ਨਹੀਂ ਕੀਤੀ ਗਈ।

ਪਨੂੰ ਨੇ ਕਿਹਾ, "ਰਿਪੋਰਟ ਵਿੱਚ ਕਿਤੇ ਵੀ ਇਹ ਨਹੀਂ ਦੱਸਿਆ ਗਿਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਕੌਣ ਹੈ। ਕੀ ਫੋਰੈਂਸਿਕ ਜਾਂਚ ਇਹ ਸਾਬਤ ਕਰਦੀ ਹੈ ਕਿ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ ਜਾਂ ਫਿਰ ਉਹ ਥਾਂ ਅਤੇ ਹਾਲਾਤ ਉਹੀ ਹਨ ਜਿਨ੍ਹਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ।"

ਉਨ੍ਹਾਂ ਕਿਹਾ ਕਿ ਫੋਰੈਂਸਿਕ ਰਿਪੋਰਟ ਦਾ ਦਾਇਰਾ ਵੀਡੀਓ ਦੀ ਪ੍ਰਮਾਣਿਕਤਾ ਤੱਕ ਸੀਮਤ ਹੈ, ਨਾ ਕਿ ਉਸ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਪਛਾਣ ਕਰਨ ਤੱਕ।

ਉਨ੍ਹਾਂ ਦਾ ਕਹਿਣਾ, "ਆਉਣ ਵਾਲੇ ਦਿਨਾਂ ਵਿੱਚ ਉਹ ਇਸ ਮਾਮਲੇ ਸਬੰਧੀ ਹੋਰ ਤੱਥ ਜਨਤਕ ਕਰੇਗੀ ਅਤੇ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।"

ਇਸ ਦੇ ਨਾਲ ਹੀ ਪਾਰਟੀ ਨੇ ਇਲਜ਼ਾਮ ਲਗਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਮਾਮਲੇ ਵਿੱਚ ਜਨਤਕ ਤੌਰ 'ਤੇ ਪੱਖ ਲੈ ਕੇ ਆਪਣੇ ਆਪ ਨੂੰ ਸਿਆਸੀ ਵਿਵਾਦ ਦਾ ਹਿੱਸਾ ਬਣਾ ਲਿਆ ਹੈ।

ਅਕਾਲ ਤਖ਼ਤ ਦੇ ਫੈਸਲੇ ਦੇ ਕੀ ਮਾਅਨੇ

ਅਕਾਲ ਤਖ਼ਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਕਰਾਰ, ਇਸ ਦੇ ਕੀ ਅਰਥ ਹਨ?

ਸਿੱਖ ਇਤਿਹਾਸਕਾਰ ਡਾਕਟਰ ਸੁਖਦਿਆਲ ਸਿੰਘ ਕਹਿੰਦੇ ਹਨ ਕਿ ਇਸ ਫ਼ੈਸਲੇ ਦਾ ਅਰਥ ਹੈ ਕਿ ਭਗਵੰਤ ਮਾਨ ਨੂੰ ਸਹਿਯੋਗ ਨਾ ਕੀਤਾ ਜਾਵੇ ਅਤੇ ਜਿੱਥੇ ਉਹ ਜਾਂਦੇ ਹਨ, ਉਨ੍ਹਾਂ ਦਾ ਸਵਾਗਤ ਨਾ ਕੀਤਾ ਜਾਵੇ।

ਸੀਨੀਅਰ ਪੱਤਰਕਾਰ ਅਤੇ ਸਿੱਖ ਮਾਮਲਿਆਂ ਦੇ ਜਾਣਕਾਰ ਜਸਪਾਲ ਸਿੱਧੂ ਕਹਿਦੇ ਹਨ ਕਿ ਜਥੇਦਾਰ ਨਾ ਸਿੱਧਾ-ਸਿੱਧਾ ਕਿਹਾ ਹੈ ਕਿ ਭਗਵੰਤ ਮਾਨ ਨੂੰ ਸਹਿਯੋਗ ਨਾ ਦਿੱਤਾ ਜਾਵੇ।

ਇਸ ਫ਼ੈਸਲਾ ਨੂੰ ਸਿਆਸੀ ਪੱਖ ਤੋਂ ਦੇਖਦੇ ਹੋਏ ਸਿੱਧੂ ਕਹਿੰਦੇ ਹਨ, "ਇਹ ਤਾਕਤ ਦੀ ਸਿੱਧੀ-ਸਿੱਧੀ ਦੁਰ ਵਰਤੋਂ ਲੱਗਦੀ ਹੈ। ਅਜਿਹਾ ਫ਼ੈਸਲਾ ਆਉਣਾ ਨਹੀਂ ਚਾਹੀਦਾ ਸੀ।"

ਡਾਕਟਰ ਸੁਖਦਿਆਲ ਸਿੰਘ ਕਹਿੰਦੇ ਹਨ ਕਿ ਇਹ ਫੈਸਲਾ ਚੋਣਾਂ ਨੇੜੇ ਆਇਆ ਹੈ ਜਿਸ ਕਾਰਨ ਭਗਵੰਤ ਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਹੋ ਸਕਦੀ ਹੈ ਅਤੇ ਉਹ ਇਸ ਖ਼ਿਲਾਫ਼ ਧਰਮ ਦੀ ਵਰਤੋਂ ਕਰਨ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਵੀ ਕਰ ਸਕਦੇ ਹਨ।

ਕੀ ਹੈ ਮਾਮਲਾ?

ਇਹ ਵਿਵਾਦ ਜਨਵਰੀ 2026 ਦੀ ਸ਼ੁਰੂਆਤ ਵਿੱਚ ਸਾਹਮਣੇ ਆਇਆ ਸੀ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਰਹਿਤ ਮਰਿਆਦਾ, ਅਕਾਲ ਤਖ਼ਤ ਦੀ ਸਰਬਉੱਚਤਾ ਅਤੇ "ਗੁਰੂ ਕੀ ਗੋਲਕ" ਸਬੰਧੀ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਇਲਜ਼ਾਮਾਂ ਤਹਿਤ ਤਲਬ ਕੀਤਾ ਸੀ।

ਅਕਾਲ ਤਖ਼ਤ ਵੱਲੋਂ ਜਾਰੀ ਪੱਤਰ ਵਿੱਚ ਭਗਵੰਤ ਮਾਨ ਨਾਲ ਜੋੜੀਆਂ ਕੁਝ ਇਤਰਾਜ਼ਯੋਗ ਵੀਡੀਓਜ਼ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਉਨ੍ਹਾਂ 'ਤੇ ਸਿੱਖ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨਾਲ ਅਣਉਚਿਤ ਹਰਕਤਾਂ ਕਰਨ ਦੇ ਇਲਜ਼ਾਮ ਲਗਾਏ ਗਏ ਸਨ।

5 ਜਨਵਰੀ 2026 ਨੂੰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਗਵੰਤ ਮਾਨ ਨੂੰ ਤਲਬ ਕਰਨ ਦਾ ਹੁਕਮ ਜਾਰੀ ਕੀਤਾ ਸੀ।

15 ਜਨਵਰੀ 2026 ਨੂੰ ਅਕਾਲ ਤਖ਼ਤ ਸਕੱਤਰੇਤ ਵਿੱਚ ਪੇਸ਼ ਹੋ ਕੇ ਭਗਵੰਤ ਮਾਨ ਨੇ ਆਪਣਾ ਪੱਖ ਰੱਖਿਆ ਅਤੇ ਵੀਡੀਓ ਨੂੰ ਨਕਲੀ ਤੇ ਏਆਈ ਨਾਲ ਤਿਆਰ ਦੱਸਿਆ। ਇਸ ਤੋਂ ਬਾਅਦ ਮਾਮਲੇ ਦੀ ਜਾਂਚ, ਫੋਰੈਂਸਿਕ ਰਿਪੋਰਟਾਂ ਅਤੇ ਅਕਾਲ ਤਖ਼ਤ ਦੇ ਫ਼ੈਸਲਿਆਂ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਗਿਆ।

ਸਿਆਸੀ ਪ੍ਰਤੀਕਿਰਿਆਵਾਂ

ਆਪਣੇ ਐਕਸ ਹੈਂਡਲ 'ਤੇ ਕੀਤੀ ਪੋਸਟ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਥਿਤ ਵੀਡੀਓ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਭਗਵੰਤ ਮਾਨ ਨੂੰ ਪੰਥ ਵਿਰੋਧੀ ਐਲਾਨਿਆ ਗਿਆ ਹੈ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।"

"ਅਜਿਹੇ ਗੰਭੀਰ ਫ਼ੈਸਲੇ ਤੋਂ ਬਾਅਦ ਭਗਵੰਤ ਮਾਨ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਮਰਿਆਦਾ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਬਿਨਾਂ ਕਿਸੇ ਦੇਰੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।"

ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾਕਿ ਸਾਡੀਆਂ ਪਰੰਪਰਾਗਤ ਸਿੱਖ ਸੰਸਥਾਵਾਂ ਨੂੰ ਬਰਕਰਾਰ ਰੱਖਣਾ ਹਰ ਸਿੱਖ ਦਾ ਫਰਜ਼ ਹੈ।

"ਉੱਥੋਂ ਆਉਣ ਵਾਲੇ ਫ਼ੈਸਲੇ ਮੂਹਰੇ ਨਤਮਸਤਕ ਹੋਣਾ ਹਰ ਸਿੱਖ ਦਾ ਫਰਜ਼ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫ਼ੈਸਲਾ ਆਵੇਗਾ, ਬਤੌਰ ਸਿੱਖ ਅਸੀਂ ਉਸ ਦੀ ਪੈਰਵੀ ਕਰਾਂਗੇ।"

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਉੱਤੇ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਝੂਠ ਬੋਲਿਆ ਕਿ ਉਕਤ ਵੀਡੀਓ ਆਰਟੀਫੀਸ਼ਿਲ ਇੰਟੈਲੀਜੈਂਸ ਨਾਲ ਬਣੀ ਹੋਈ ਹੈ ਜਦਕਿ ਜਾਂਚ ਵਿੱਚ ਉਹ ਵੀਡੀਓ ਸਹੀ ਨਿਕਲੀ ਹੈ।

ਉਨ੍ਹਾਂ ਕਿਹਾ, "ਇਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ। ਸਿੱਖ ਕੌਮ ਇਸ 'ਤੇ ਸਖਤ ਤੋਂ ਸਖਤ ਫ਼ੈਸਲਾ ਲਵੇ ਅਤੇ ਇਸ ਮੁੱਖ ਮੰਤਰੀ ਨੂੰ ਪੰਜ ਮਿੰਟ ਵੀ ਮੁੱਖ ਮੰਤਰੀ ਰਹਿਣ ਦਾ ਹੱਕ ਨਹੀਂ। "

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)